ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੀ ਦਿਸ਼ਾ ਨਿਰਦੇਸ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ

Date:22/08/2026


Report


ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਾਮੀ 650 ਵੇਂ ਸਾਲਾ ਪ੍ਰਕਾਸ਼ ਪੁਰਬ/ਸ਼ਤਾਬਦੀ ਸਮਾਰੋਹਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਰਾਜ ਪੱਧਰੀ ਸੈਮੀਨਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ, ਸੰਤ-ਮਹਾਂਪੁਰਸ਼, ਪ੍ਰਮੁੱਖ ਰਾਜਨੀਤਿਕ ਸ਼ਖ਼ਸੀਅਤਾਂ, ਯੂਨੀਵਰਸਿਟੀ ਮੈਨੇਜਮੈਂਟ, ਅਧਿਆਪਕ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ ਸ਼ਾਮਲ ਹੋਏ। ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਪਲਵਿੰਦਰ ਸਿੰਘ ਜੀ ਨੇ ਆਏ ਹੋਏ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੁਲਪਤੀ ਸੰਤ ਮਨਮੋਹਨ ਸਿੰਘ ਜੀ, ਸੰਤ ਸਰਵਣ ਸਿੰਘ ਜੀ, ਸੰਤ ਨਿਰਮਲ ਦਾਸ ਜੀ, ਸੰਤ ਪ੍ਰਦੀਪ ਦਾਸ ਜੀ, ਭੈਣ ਸੰਤੋਸ਼ ਕੁਮਾਰੀ ਜੀ, ਵਿਧਾਇਕ ਸਾਹਿਬਾਨ, ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਾਢੇ ਛੇ ਸੌ ਸਾਲ ਪਹਿਲਾਂ ਹੀ ਮਨੁੱਖੀ ਬਰਾਬਰੀ, ਸਨਮਾਨ ਅਤੇ 'ਕਰਮ' ਦੀ ਮਹੱਤਤਾ ਦਾ ਸੰਦੇਸ਼ ਦੇ ਦਿੱਤਾ ਸੀ, ਜੋ ਅੱਜ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਇੱਕ ਅਟੱਲ ਲਿਖਤੀ ਪ੍ਰਮਾਣ ਵਜੋਂ ਦਰਜ ਹੈ। ਉਨ੍ਹਾਂ ਮਾਣ ਨਾਲ ਦੱਸਿਆ ਕਿ ਯੂਨੀਵਰਸਿਟੀ ਵਿੱਚ ਹਰ ਵਿਦਿਆਰਥੀ ਨਾਲ ਕਿਸੇ ਕਿਸਮ ਦਾ ਭੇਦਭਾਵ ਜਾਂ ਜਾਤ-ਪਾਤ ਦਾ ਵਿਤਕਰਾ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਅਸਲ ਤਰੱਕੀ ਉਦੋਂ ਹੀ ਸੰਭਵ ਹੈ ਜਦੋਂ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਨਿਆਂ ਅਤੇ ਗਿਆਨ ਪਹੁੰਚੇਗਾ। ਅੱਜ ਦੇ ਏ.ਆਈ. ਅਤੇ ਤਕਨਾਲੋਜੀ ਦੇ ਯੁੱਗ ਵਿੱਚ ਵਿਦਿਆਰਥੀਆਂ ਨੂੰ ਇੱਕ ਜ਼ਿੰਮੇਵਾਰ ਇਨਸਾਨ ਬਣਾਉਣ ਲਈ ਉਨ੍ਹਾਂ ਨੇ ਤਿੰਨ ਮੁੱਖ ਨੁਕਤੇ ਕਰੜੀ ਮਿਹਨਤ, ਮਨੁੱਖਤਾ ਦਾ ਸਤਿਕਾਰ ਅਤੇ ਉੱਚਾ ਚਰਿੱਤਰ ਤੇ ਸੇਵਾ ਭਾਵਨਾ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ। ਅੰਤ ਵਿੱਚ, ਉਨ੍ਹਾਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਰਾਹੀਂ ਪੰਜਾਬ ਸਰਕਾਰ ਅੱਗੇ ਨਿਮਰ ਬੇਨਤੀ ਰੱਖੀ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਯੂਨੀਵਰਸਿਟੀ ਦੇ ਆਲੇ-ਦੁਆਲੇ ਜਾਂ ਕੈਂਪਸ ਵਿੱਚ ਇੱਕ 'ਖੋਜ ਕੇਂਦਰ' ਜ਼ਰੂਰ ਸਥਾਪਿਤ ਕੀਤਾ ਜਾਵੇ।ਸਮਾਗਮ ਦੇ ਮੁੱਖ ਬੁਲਾਰੇ ਪ੍ਰੋ. ਹਰਬੰਸ ਸਿੰਘ ਬੋਲੀਨਾ ਜੀ ਨੇ ਆਪਣੇ ਭਾਸ਼ਣ ਦੌਰਾਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ ਇਸ ਸੈਮੀਨਾਰ ਵਿੱਚ ਆਪ ਸਭ ਨਾਲ ਵਿਚਾਰ ਸਾਂਝੇ ਕਰਦਿਆਂ 1966 ਤੋਂ 2026 ਤੱਕ ਦੀਆਂ ਵੱਖ-ਵੱਖ ਸਰਕਾਰਾਂ ਸਮੇਂ ਮਨਾਈਆਂ ਗਈਆਂ ਸ਼ਤਾਬਦੀਆਂ ਦੇ ਇਤਿਹਾਸਕ ਪ੍ਰਸੰਗ 'ਤੇ ਚਾਨਣਾ ਪਾਇਆ। ਉਨ੍ਹਾਂ ਮੌਜੂਦਾ ਸਰਕਾਰ ਦੀ ਸ਼ਲਾਘਾ ਕੀਤੀ ਕਿ ਗੁਰੂ ਸਾਹਿਬ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਇੱਕ ਸਾਲ ਪਹਿਲਾਂ ਤੋਂ ਹੀ ਯੂਨੀਵਰਸਿਟੀਆਂ ਵਿੱਚ ਸ਼ੁਰੂ ਕਰ ਦਿੱਤੇ ਗਏ ਹਨ। ਇਤਿਹਾਸਕ ਸ਼ਤਾਬਦੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ 1966 ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀ 300 ਸਾਲਾ ਪ੍ਰਕਾਸ਼ ਸ਼ਤਾਬਦੀ ਮੌਕੇ ਲਾਰਡ ਡੱਲਹੌਜ਼ੀ ਵੱਲੋਂ ਇੰਗਲੈਂਡ ਲਿਜਾਏ ਗਏ ਪਾਵਨ ਸ਼ਸਤਰਾਂ ਦੀ ਵਾਪਸੀ, 1969 ਵਿੱਚ ਗੁਰੂ ਨਾਨਕ ਦੇਵ ਜੀ ਦੀ 500 ਸਾਲਾ ਪ੍ਰਕਾਸ਼ ਸ਼ਤਾਬਦੀ ਮੌਕੇ 'ਗੁਰੂ ਨਾਨਕ ਦੇਵ ਯੂਨੀਵਰਸਿਟੀ' ਦੀ ਸਥਾਪਨਾ, 1975 ਵਿੱਚ ਗੁਰੂ ਤੇਗ ਬਹਾਦਰ ਜੀ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਦਿੱਲੀ ਦੇ ਹਾਕਮਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਅੱਗੇ ਸੀਸ ਨਿਵਾਉਣ ਅਤੇ 1999 ਵਿੱਚ ਖਾਲਸਾ ਸਾਜਨਾ ਦੇ 300 ਸਾਲਾ ਮੌਕੇ ਵਿਰਾਸਤ-ਏ-ਖਾਲਸਾ ਵਰਗੀਆਂ ਸੰਸਥਾਵਾਂ ਦੀ ਨੀਂਹ ਰੱਖਣ ਦਾ ਵੇਰਵਾ ਦਿੱਤਾ। ਗੁਰੂ ਰਵਿਦਾਸ ਜੀ ਦੀ ਬਾਣੀ ਅਤੇ 'ਬੇਗਮਪੁਰਾ' ਦੇ ਸੰਕਲਪ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਗੁਰੂ ਰਵਿਦਾਸ ਜੀ ਦੇ 40 ਸ਼ਬਦ ਅਤੇ 1 ਸਲੋਕ ਦਰਜ ਕਰਨ ਕਰਕੇ ਹੀ 'ਬੇਗਮਪੁਰਾ' ਦਾ ਸੰਦੇਸ਼ ਦੁਨੀਆ ਸਾਹਮਣੇ ਲਿਖਤੀ ਰੂਪ ਵਿੱਚ ਆਇਆ ਹੈ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ (ਐੱਨ.ਆਰ.ਆਈ. ਮਾਮਲੇ, ਸੰਸਦੀ ਮਾਮਲੇ, ਜੇਲ੍ਹ ਅਤੇ ਸੁਧਾਰ ਸੇਵਾਵਾਂ) ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਈ ਇਹ ਬਹੁਤ ਵੱਡਾ ਸੁਭਾਗ ਹੈ ਕਿ ਸਾਨੂੰ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਉਣ ਦਾ ਮੌਕਾ ਮਿਲਿਆ ਹੈ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਸ਼ਤਾਬਦੀ ਵਰ੍ਹੇ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਡੇਰਾ ਸੱਚਖੰਡ ਬੱਲਾਂ ਵਿਖੇ 37 ਕਰੋੜ ਰੁਪਏ ਦੀ ਲਾਗਤ ਨਾਲ 'ਸ਼੍ਰੀ ਗੁਰੂ ਰਵਿਦਾਸ ਬਾਣੀ ਅਕਾਦਮਿਕ/ਰਿਸਰਚ ਸੈਂਟਰ' ਦਾ ਨੀਂਹ ਪੱਥਰ ਰੱਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ, ਗੁਰੂ ਜੀ ਦੇ ਜੀਵਨ ਅਤੇ ਫਲਸਫੇ ਨੂੰ ਪੰਜਾਬ ਦੇ 13 ਹਜ਼ਾਰ ਪਿੰਡਾਂ ਤੱਕ ਪਹੁੰਚਾਉਣ ਲਈ 50 ਮੋਬਾਈਲ ਪ੍ਰਚਾਰ ਵੈੱਨਾਂ ਚਲਾਈਆਂ ਜਾ ਰਹੀਆਂ ਹਨ ਅਤੇ ਵੱਡੇ ਪੱਧਰ 'ਤੇ ਬੂਟੇ ਲਗਾਉਣ ਦੀ ਮੁਹਿੰਮ ਚੱਲ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਲਾਕੇ ਦੇ ਬੁਨਿਆਦੀ ਢਾਂਚੇ, ਹਸਪਤਾਲ ਅਤੇ ਸੜਕਾਂ ਨਾਲ ਸਬੰਧਤ ਮੰਗਾਂ ਨੂੰ ਮੁੱਖ ਮੰਤਰੀ ਅੱਗੇ ਰੱਖ ਕੇ ਜਲਦ ਪੂਰਾ ਕਰਵਾਇਆ ਜਾਵੇਗਾ।ਸੰਤ ਨਿਰਮਲ ਦਾਸ ਜੀ ਨੇ ਬਾਨੀ ਮਹਾਂਪੁਰਸ਼ ਸੰਤ ਬਾਬਾ ਭਾਗ ਸਿੰਘ ਜੀ ਅਤੇ ਸੰਤ ਬਾਬਾ ਮਲਕੀਤ ਸਿੰਘ ਜੀ ਦੀ ਮਿਹਨਤ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਗਿਆਨ ਦਾ ਚਾਨਣ ਮੁਨਾਰਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਔਖੇ ਸਮੇਂ ਵਿੱਚ 'ਵਿਦਿਆ' ਹੀ ਮਨੁੱਖ ਦੀ ਸਭ ਤੋਂ ਵੱਡੀ ਸਾਥੀ ਹੁੰਦੀ ਹੈ। ਪੜ੍ਹਾਈ ਵਿੱਚ ਇਕਾਗਰਤਾ ਅਤੇ ਮਿਹਨਤ ਬਹੁਤ ਜ਼ਰੂਰੀ ਹੈ। ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਬੁਰਾਈਆਂ ਦਾ ਤਿਆਗ ਕਰਕੇ ਸਿਰਫ਼ ਗੁਣਾਂ ਅਤੇ ਗਿਆਨ ਨੂੰ ਗ੍ਰਹਿਣ ਕਰਨ।ਸੰਤ ਪ੍ਰਦੀਪ ਦਾਸ ਜੀ ਨੇ ਕਿਹਾ ਕਿ ਜਿਸ ਤਪੋਭੂਮੀ 'ਤੇ ਮਹਾਂਪੁਰਸ਼ਾਂ ਨੇ ਨਾਮ-ਸਿਮਰਨ ਕੀਤਾ, ਅੱਜ ਉੱਥੇ ਹਜ਼ਾਰਾਂ ਬੱਚੇ ਆਪਣਾ ਭਵਿੱਖ ਸੰਵਾਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸਮਾਜ ਵਿੱਚ ਸਿੱਖਿਆ ਆਵੇਗੀ, ਉਦੋਂ ਹੀ ਅਸੀਂ ਆਤਮਿਕ ਅਤੇ ਸਮਾਜਿਕ ਤੌਰ 'ਤੇ ਅੱਗੇ ਵਧਾਂਗੇ।ਭੈਣ ਸੰਤੋਸ਼ ਕੁਮਾਰੀ ਨੇ ਗੁਰੂ ਰਵਿਦਾਸ ਜੀ ਦੁਆਰਾ ਦਰਸਾਏ 'ਬੇਗਮਪੁਰਾ' ਦੇ ਸੰਕਲਪ ਨੂੰ ਭਾਰਤੀ ਸੰਵਿਧਾਨ ਨਾਲ ਜੋੜਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਊਚ-ਨੀਚ ਅਤੇ ਸਮਾਜਿਕ ਵਿਤਕਰੇ ਨੂੰ ਖ਼ਤਮ ਕਰਨ ਦਾ ਸੁਨੇਹਾ ਦਿੱਤਾ ਸੀ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਗੁਰੂ ਜੀ ਦੇ 40 ਸ਼ਬਦ ਸਾਡੇ ਲਈ ਸਾਂਝੀਵਾਲਤਾ ਦਾ ਲਿਖਤੀ ਸੁਨੇਹਾ ਹਨ। ਉਨ੍ਹਾਂ ਸਰਕਾਰ ਅੱਗੇ ਇਲਾਕੇ ਵਿੱਚ ਬੁਨਿਆਦੀ ਸਹੂਲਤਾਂ ਅਤੇ ਪੁਲ-ਸੜਕਾਂ ਦੇ ਨਿਰਮਾਣ ਦੀ ਮੰਗ ਵੀ ਰੱਖੀ।ਸਮਾਗਮ ਦੇ ਅੰਤ ਵਿੱਚ ਯੂਨੀਵਰਸਿਟੀ ਦੇ ਰਜਿਸਟਰਾਰ ਸ਼੍ਰੀ ਰਾਜਿੰਦਰ ਕੁਮਾਰ ਨੇ ਪਹੁੰਚੇ ਹੋਏ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਚਾਂਸਲਰ ਸੰਤ ਮਨਮੋਹਨ ਸਿੰਘ ਜੀ, ਸੰਤ ਸਰਵਣ ਸਿੰਘ ਜੀ, ਸੰਤ ਨਿਰਮਲ ਦਾਸ ਜੀ, ਸੰਤ ਪ੍ਰਦੀਪ ਦਾਸ ਜੀ, ਹਲਕਾ ਇੰਚਾਰਜ ਪਵਨ ਕੁਮਾਰ ਟੀਨੂ, ਪ੍ਰੋ. ਹਰਬੰਸ ਸਿੰਘ ਬੋਲੀਨਾ ਅਤੇ ਸਮੁੱਚੇ ਫੈਕਲਟੀ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਯੂਨੀਵਰਸਿਟੀ ਦੀ ਮੈਨੇਜਮੈਂਟ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸੰਤ-ਮਹਾਂਪੁਰਸ਼ਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।