Date:15/08/2026
Report
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ, ਜਲੰਧਰ ਵਿਖੇ 15 ਅਗਸਤ, ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਗੌਰਵਮਈ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ। ਝੰਡਾ ਲਹਿਰਾਉਣ ਦੀ ਰਸਮ ਕੁਲਪਤੀ ਸੰਤ ਮਨਮੋਹਨ ਸਿੰਘ ਜੀ ਅਤੇ ਆਏ ਹੋਏ ਮੁੱਖ ਮਹਿਮਾਨਾਂ ਨੇ ਕੀਤੀ। ਇਸ ਮੌਕੇ ਆਜ਼ਾਦੀ ਦੀ ਲੜਾਈ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਵੱਲੋਂ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਦੇਸ਼ ਪ੍ਰਤੀ ਸਮਰਪਣ ਨੂੰ ਯਾਦ ਕਰਦਿਆਂ ਸਨਮਾਨ ਭੇਟ ਕੀਤੇ ।80ਵੇਂ ਆਜ਼ਾਦੀ ਦਿਵਸ ਦੇ ਸ਼ੁਭ ਅਵਸਰ 'ਤੇ ਪ੍ਰੋ. ਪਲਵਿੰਦਰ ਸਿੰਘ ਜੀ ਨੇ ਸਮਾਗਮ ਵਿੱਚ ਪਹੁੰਚੀਆਂ ਸ਼ਖਸੀਅਤਾਂ, ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਨਮਨ ਕੀਤਾ। ਉਨ੍ਹਾਂ ਆਖਿਆ ਕਿ ਆਜ਼ਾਦੀ ਸਿਰਫ਼ ਜਸ਼ਨ ਮਨਾਉਣ ਦਾ ਮੌਕਾ ਨਹੀਂ, ਸਗੋਂ ਇਹ ਸਾਡੇ 'ਤੇ ਇੱਕ ਵੱਡੀ ਜ਼ਿੰਮੇਵਾਰੀ ਵੀ ਪਾਉਂਦੀ ਹੈ, ਜਿਸ ਨੂੰ ਪੂਰਾ ਕਰਨ ਲਈ ਸਿੱਖਿਆ ਅਤੇ ਸਹੀ ਸੋਚ ਦਾ ਹੋਣਾ ਅਤੀ ਜ਼ਰੂਰੀ ਹੈ। ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬਾਨੀ ਮਹਾਪੁਰਸ਼ਾਂ ਅਤੇ ਮੌਜੂਦਾ ਪ੍ਰਬੰਧਕਾਂ ਦੇ ਦੂਰਅੰਦੇਸ਼ੀ ਉਦੇਸ਼ ਦੀ ਸ਼ਲਾਘਾ ਕੀਤੀ।ਉਨ੍ਹਾਂ ਨੋਬਲ ਪੁਰਸਕਾਰ ਜੇਤੂ ਸਰ ਸੀ. ਵੀ. ਰਮਨ ਦੀ ਮਿਸਾਲ ਦਿੰਦਿਆਂ ਵਿਦਿਆਰਥੀਆਂ ਵਿੱਚ ਆਈ.ਆਈ.ਟੀ. ਪੱਧਰ ਦੀ ਸਮਰੱਥਾ ਹੋਣ ਦਾ ਵਿਸ਼ਵਾਸ ਪ੍ਰਗਟਾਇਆ ਅਤੇ ਸਟਾਫ਼ ਦੀ ਗਿਣਤੀ ਨਾਲੋਂ ਗੁਣਵੱਤਾ ਨੂੰ ਮੁੱਖ ਤਰਜੀਹ ਦੇ ਕੇ ਸੰਸਥਾ ਨੂੰ ਬੁਲੰਦੀਆਂ 'ਤੇ ਲੈ ਜਾਣ ਦਾ ਸੰਕਲਪ ਦੋਹਰਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਨਾਲ ਸਬੰਧਤ ਸੱਭਿਆਚਾਰਕ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਸਮਾਗਮ ਵਿੱਚ ਦੇਸ਼ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਇਸ ਮੌਕੇ ਐਮ.ਐਲ ਏ ਆਦਮਪੁਰ,ਸੰਸਥਾ ਦੇ ਪ੍ਰਬੰਧਕ, ਇਲਾਕੇ ਦੇ ਸਰਪੰਚ, ਯੂਨੀਵਰਸਿਟੀ ਦੇ ਰਜਿਸਟਰਾਰ ਵੱਖ-ਵੱਖ ਵਿਭਾਗਾਂ ਦੇ ਡੀਨ, ਪ੍ਰੋਫੈਸਰ, ਅਧਿਆਪਕ, ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ। ਸਮੂਹ ਹਾਜ਼ਰੀਨ ਨੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਲਿਆ।