ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ

SANT BABA BHAG SINGH UNIVERSITY

Established vide Punjab Govt. Act No. 6 of 2015 and is recognized by UGC under Section 2(F) of UGC Act, 1956. (ISO 9001:2015)

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਲਈ ‘ਸ਼ੁਭਾਰੰਭ 2026’ ਸਮਾਰੋਹ ਦਾ ਆਯੋਜਨ ਕੀਤਾ ਗਿਆ।

Date:03/08/2026


Report


ਪੂਜਨੀਕ ਸੰਤਾਂ ਦੇ ਆਸ਼ੀਰਵਾਦ ਨਾਲ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ‘ਸ਼ੁਭਾਰੰਭ 2026’ ਸਮਾਰੋਹ ਦਾ ਆਯੋਜਨ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਧਾਰਮਿਕ ਮਰਿਆਦਾ ਅਤੇ ਇਲਾਹੀ ਬਾਣੀ ਦੇ ਜਾਪ ਨਾਲ ਹੋਈ ਤਾਂ ਜੋ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਸ਼ੁਭ ਇੱਛਾਵਾਂ ਨਾਲ ਕੀਤੀ ਜਾ ਸਕੇ। ਇਸ ਸਮਾਰੋਹ ਦਾ ਮੁੱਖ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਮਾਹੌਲ, ਅਕਾਦਮਿਕ ਨਿਯਮਾਂ ਅਤੇ ਕੈਂਪਸ ਦੇ ਸੱਭਿਆਚਾਰ ਤੋਂ ਜਾਣੂ ਕਰਵਾਉਣਾ ਸੀ। ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਤੋਂ ਬਾਅਦ ਡੇਰਾ ਭਗਤਪੁਰਾ ਸਾਹਿਬ ਵਿਖੇ ਲਜਾਇਆ ਗਿਆ ਜਿੱਥੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ। ਯੂਨੀਵਰਸਿਟੀ ਅਤੇ ਨਵੇਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਅਰਦਾਸ ਤੋਂ ਬਾਅਦ ਸ਼ਰਧਾਲੂਆਂ ਅਤੇ ਵਿਦਿਆਰਥੀਆਂ ਲਈ ਗੁਰੂ ਕੇ ਲੰਗਰ ਅਤੇ ਚਾਹ ਅਤੁੱਟ ਵਰਤਾਈ ਗਈ।ਇਸ ਸਮਾਗਮ ਵਿਚ ਸੰਤ ਮਨਮੋਹਨ ਸਿੰਘ ਜੀ ਚਾਂਸਲਰ,ਸੰਤ ਸਰਵਣ ਸਿੰਘ ਜੀ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ।ਪ੍ਰੋ.ਪਲਵਿੰਦਰ ਸਿੰਘ ਜੀ ( ਉਪ-ਕੁਲਪਤੀ ) ਨੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਆਖਦਿਆਂ ਕਿਹਾ ਕਿ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਉੱਚ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਨੈਤਿਕ ਕਦਰਾਂ-ਕੀਮਤਾਂ 'ਤੇ ਵੀ ਉਚੇਚਾ ਧਿਆਨ ਦਿੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ।ਸਮਾਗਮ ਦੇ ਅੰਤਮ ਸ਼ੈਸ਼ਨ ਦੌਰਾਨ ਨਵੇਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀ ਸੈਂਟਰਲ ਲਾਇਬ੍ਰੇਰੀ, ਐਡਵਾਂਸਡ ਕੰਪਿਊਟਰ ਲੈਬਾਂ, ਖੇਡ ਸਟੇਡੀਅਮ ਅਤੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਵਾਇਆ ਗਿਆ। ਯੂਨੀਵਰਸਿਟੀ ਪ੍ਰਬੰਧਕਾਂ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਆਖਦਿਆਂ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ 'ਤੇ ਵੱਖ ਵੱਖ ਵਿਭਾਗਾਂ ਦੇ ਡੀਨ ਮੁਖੀ ਅਤੇ ਪ੍ਰੋਫ਼ੈਸਰ ਸਹਿਬਾਨ ਵੀ ਹਾਜ਼ਰ ਸਨ।