Date: 01/10/2026
Report
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਅਤੇ ਜੀਵਨ ਵਿਗਿਆਨ ਵਿਭਾਗ ਵਲੋਂ 'ਵਿਸ਼ਵ ਓਜ਼ੋਨ ਦਿਵਸ' ਮਨਾਇਆ ਗਿਆ। ਇਸ ਸਾਲ ਇਹ ਸਮਾਗਮ ‘ਓਜ਼ੋਨ ਪਰਤ ਦੀ ਸੁਰੱਖਿਆ: ਵਿਗਿਆਨ, ਸਥਿਰਤਾ ਅਤੇ ਸਾਡੀ ਸਾਂਝੀ ਜ਼ਿੰਮੇਵਾਰੀ’ ਵਿਸ਼ੇ ਹੇਠ ਆਯੋਜਿਤ ਕੀਤਾ ਗਿਆ, ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ ਅਤੇ ਓਜ਼ੋਨ ਪਰਤ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਸੀ।ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਪ੍ਰਤਿਭਾ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਵਿੱਚ ਪਾਵਰਪੁਆਇੰਟ ਪ੍ਰੈਜ਼ੈਂਟੇਸ਼ਨ, ਪੋਸਟਰ ਮੇਕਿੰਗ, ਨਾਅਰਾ ਲੇਖਣ, ਕੁਇਜ਼, 'ਬੈਸਟ ਆਊਟ ਆਫ਼ ਵੇਸਟ', ਰੰਗੋਲੀ ਅਤੇ ਓਜ਼ੋਨ ਸੁਰੱਖਿਆ ਪ੍ਰਣ ਸ਼ਾਮਲ ਸਨ।ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਪਾਲਵਿੰਦਰ ਸਿੰਘ ਜੀ ਨੇ ਕਿਹਾ ਕਿ ਓਜ਼ੋਨ ਪਰਤ ਦੀ ਸੁਰੱਖਿਆ ਕਿਸੇ ਇੱਕ ਵਿਅਕਤੀ ਦੀ ਨਹੀਂ ਬਲਕਿ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿੱਚ ਪ੍ਰਦੂਸ਼ਣ ਘਟਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਅਤੇ ਵਾਤਾਵਰਣ ਪੱਖੀ ਆਦਤਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਅਜਿਹੀਆਂ ਸਾਰਥਕ ਅਤੇ ਰਚਨਾਤਮਕ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।ਇਸ ਦੌਰਾਨ ਇੱਕ ਵਿਸ਼ੇਸ਼ ਓਜ਼ੋਨ ਸੁਰੱਖਿਆ ਪ੍ਰਣ ਵੀ ਕੀਤਾ ਗਿਆ, ਜਿੱਥੇ ਵਿਦਿਆਰਥੀਆਂ ਅਤੇ ਸਟਾਫ਼ ਨੇ ਧਰਤੀ ਨੂੰ ਪ੍ਰਦੂਸ਼ਣ ਮੁਕਤ ਅਤੇ ਹਰਾ-ਭਰਾ ਬਣਾਉਣ ਦਾ ਸੰਕਲਪ ਲਿਆ। ਪ੍ਰੋਗਰਾਮ ਦੇ ਅੰਤ ਵਿੱਚ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਅਤੇ ਭਾਗੀਦਾਰਾਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡ ਕੇ ਸਨਮਾਨਿਤ ਕੀਤਾ ਗਿਆ।